ਲੋਕਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜੀ ਰਜਿਸਟਰੀ ਬਾਬਤ ਫੀਡਬੈਕ ਹਾਸਲ ਕੀਤੀ
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ, ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ


ਪਟਿਆਲਾ/ਰਾਜਪੁਰਾ,28 ਜੁਲਾਈ(ਹਿਮਾਂਸ਼ੂ ਹੈਰੀ):ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰਾਜਪੁਰਾ ਸਬ ਡਵੀਜ਼ਨ ਦੇ ਤਹਿਸੀਲ ਦਫਤਰ ਦਾ ਅਚਨਚੇਤ ਦੌਰਾ ਕਰਕੇ ਤਹਿਸੀਲਦਾਰ ਤੇ ਸਬ ਰਜਿਸਟਰਾਰ ਦਫਤਰ ਵਿਖੇ ਪ੍ਰਦਾਨ ਕੀਤੀਆਂ ਜਾ ਪ੍ਰਸ਼ਾਸਨਿਕ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ) ਸ੍ਰੀ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਡਾ.ਪ੍ਰੀਤੀ ਯਾਦਵ ਨੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤੀਆਂ ਜਾ ਰਹੀਆਂ ਈਜੀ ਰਜਿਸਟਰੀਆਂ ਦੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਤਹਿਸੀਲ ਵਿੱਚ ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਡਾ.ਪ੍ਰੀਤੀ ਯਾਦਵ ਨੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜੀ ਰਜਿਸਟਰੀ ਬਾਬਤ ਫੀਡਬੈਕ ਹਾਸਲ ਕੀਤੀ ਤੇ ਲੋਕਾਂ ਨੇ ਕੀਤੇ ਜਾ ਰਹੇ ਕੰਮਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਾ.ਪ੍ਰੀਤੀ ਯਾਦਵ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।
ਐਸ.ਡੀ.ਐਮ. ਅਵਿਕੇਸ਼ ਗੁਪਤਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਤਹਿਸੀਲ ਦਫਤਰ ਵਿਖੇ ਲੋਕਾਂ ਨੂੰ ਲੋੜੀਂਦੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਹਨਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ।