ਕਿਹਾ ਪੰਜਾਬ ਦੇ ਲੋਕਾਂ ਨੂੰ ਸਸਤਾ ਅਤੇ ਮੁਫ਼ਤ ਰਾਸ਼ਨ ਦੇਣਾ ਉਨ੍ਹਾਂ ਦਾ ਹੱਕ ਹੈ ਕੋਈ ਭਿੱਖ ਨਹੀਂ

ਪਟਿਆਲਾ/ਘਨੌਰ,27 ਅਗਸਤ(ਹਿਮਾਂਸ਼ੂ ਹੈਰੀ):ਸੰਤ ਬਾਬਾ ਬੁੱਧ ਨਾਥ ਜੀ ਮਹਾਂ ਤਪੱਸਵੀ ਦੀ 125 ਵੀਂ ਸਲਾਨਾ ਬਰਸੀ ਅਤੇ ਧਾਰਮਿਕ ਸਲਾਨਾ ਜੋੜ ਮੇਲਾ ਦੌਰਾਨ ਪਿੰਡ ਸਲੇਮਪੁਰ ਸੇਖਾ ਵਿਖੇ ਵਿਧਾਇਕ ਗੁਰਲਾਲ ਘਨੌਰ ਨੇ ਸਮੂਹ ਟੀਮ ਸਮੇਤ ਹਾਜ਼ਰੀ ਭਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਕੇ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਤੋਂ ਉਪਰੰਤ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਆਮ ਲੋਕਾਂ ਨੂੰ ਮਿਲ਼ਦੇ ਹੋਏ ਕਿਹਾ ਕਿ ਪੰਜਾਬ ਦੇ ਲੱਖਾਂ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੇ ਹਨ। ਉਨਾ ਇਸ ਫੈਸਲੇ ਨੂੰ ਤਾਨਾਸ਼ਾਹੀ ਤੇ ਜ਼ਾਲਮਾਨਾ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ 55 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਰੋਕਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਜੋ ਗਰੀਬ ਪਰਿਵਾਰਾਂ ਨਾਲ ਖੁੱਲ੍ਹਾ ਜ਼ੁਲਮ ਹੈ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 01 ਕਰੋੜ 53 ਲੱਖ ਲੋਕਾਂ ਨੂੰ ਰਾਸ਼ਨ ਕਾਰਡ ਰਾਹੀਂ ਮੁਫ਼ਤ ਅਨਾਜ ਮਿਲਦਾ ਹੈ। ਇਸ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਾਪਤ ਹੋ ਰਹੀ ਸੀ। ਪਰ ਹੁਣ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਰਜਿਸਟ੍ਰੇਸ਼ਨ ਦੇ ਨਾਂ ‘ਤੇ ਰਾਸ਼ਨ ਰੋਕਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ, ਜਦਕਿ 30 ਸਤੰਬਰ ਤੋਂ ਹੋਰ 32 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨ ਦਾ ਤਾਨਾਸ਼ਾਹੀ ਫ਼ਰਮਾਨ ਜਾਰੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚਾਹੇ ਤਾਂ ਪੰਜਾਬ ਸਰਕਾਰ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਪ੍ਰਤੀ ਲਿਖ ਸਕਦੀ ਸੀ, ਪਰ ਬਿਨ੍ਹਾਂ ਕਿਸੇ ਪੜਤਾਲ ਦੇ ਰਾਸ਼ਨ ਕਾਰਡ ਕੱਟਣਾ ਬੀਜੇਪੀ ਸਰਕਾਰ ਦੇ ਗ਼ਲਤ ਰਵੱਈਏ ਨੂੰ ਬੇਨਕਾਬ ਕਰਦਾ ਹੈ। ਇਸ ਤਰ੍ਹਾਂ ਦਾ ਫ਼ੈਸਲਾ ਸਿਰਫ਼ ਗਰੀਬ ਪਰਿਵਾਰਾਂ ਨੂੰ ਤੰਗ ਕਰਨ ਲਈ ਲਿਆ ਗਿਆ ਹੈ।ਵਿਧਾਇਕ ਗੁਰਲਾਲ ਘਨੌਰ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਸੂਬਾ ਸਰਕਾਰ ਇਸ ਮਾਮਲੇ ਵਿੱਚ ਸਖ਼ਤ ਕਦਮ ਚੁੱਕੇਗੀ ਤਾਂ ਜੋ ਗਰੀਬ ਪਰਿਵਾਰਾਂ ਦੇ ਹੱਕਾਂ ‘ਤੇ ਕਿਸੇ ਵੀ ਤਰ੍ਹਾਂ ਦੀ ਕਟੌਤੀ ਨਾ ਹੋਵੇ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਤਰ੍ਹਾਂ ਦੇ ਫ਼ੈਸਲੇ ਨਾਲ ਨਾ ਸਿਰਫ਼ ਗਰੀਬ ਲੋਕਾਂ ਦਾ ਜੀਵਨ ਪ੍ਰਭਾਵਿਤ ਹੋਵੇਗਾ ਬਲਕਿ ਪੰਜਾਬ ਦੇ ਸਮਾਜਿਕ ਤਾਣੇਬਾਣੇ ‘ਤੇ ਵੀ ਨਕਾਰਾਤਮਕ ਅਸਰ ਪਵੇਗਾ। ਲੋਕਾਂ ਨੂੰ ਸਸਤਾ ਅਤੇ ਮੁਫ਼ਤ ਰਾਸ਼ਨ ਦੇਣਾ ਉਹਨਾਂ ਦਾ ਹੱਕ ਹੈ, ਕੋਈ ਭਿੱਖ ਨਹੀਂ।ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਰਾਜ ਸਰਕਾਰ ਕਿਸੇ ਵੀ ਹਾਲਤ ਵਿੱਚ ਗਰੀਬ ਲੋਕਾਂ ਨੂੰ ਭੁੱਖਾ ਨਹੀਂ ਰਹਿਣ ਦੇਵੇਗੀ। ਸਾਡਾ ਮਕਸਦ ਹਰ ਲੋੜਵੰਦ ਦੇ ਘਰ ਵਿੱਚ ਅਨਾਜ ਪਹੁੰਚਾਉਣਾ ਹੈ, ਭਾਵੇਂ ਕੇਂਦਰ ਸਰਕਾਰ ਕੋਈ ਵੀ ਰੁਕਾਵਟ ਪੈਦਾ ਕਰੇ।