
ਰਾਜਪੁਰਾ,10 ਸਤੰਬਰ (ਹਿਮਾਂਸ਼ੂ ਹੈਰੀ ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਸਪਤਾਲ ਤੋਂ ਹੜ ਪੀੜਤਾਂ ਲਈ ਕੀਤੇ ਐਲਾਨ ਮੁਤਾਬਕ ਕਿਹਾ ਗਿਆ ਹੈ ਕਿ ਹੜਾਂ ਕਾਰਨ ਜਿਸ ਕਿਸਾਨ ਦੇ ਖੇਤਾਂ ਵਿੱਚ ਰੇਤਾ ਜਾਂ ਮਿੱਟੀ ਆ ਗਈ ਹੈ,ਉਸ ਨੂੰ “ਜਿਸ ਦਾ ਖੇਤ, ਉਸ ਦੀ ਰੇਤ” ਨੀਤੀ ਮੁਤਾਬਿਕ ਆਪਣੇ ਖੇਤ ਵਿੱਚੋਂ ਮਿੱਟੀ ਰੇਤਾ/ਚੁੱਕ ਕੇ ਵੇਚਣ ਦੀ ਖੁੱਲ੍ਹ ਹੋਵੇਗੀ।ਇਹ ਮਾਨ ਸਰਕਾਰ ਦਾ ਇਤਿਹਾਸਿਕ ਕਦਮ ਹੈ ਜੋ ਅਜੇ ਤੱਕ ਕਿਸੇ ਵੀ ਹੋਰ ਸਰਕਾਰ ਵੱਲੋਂ ਨਹੀਂ ਚੁੱਕਿਆ ਗਿਆ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿੱਚ ਇਲਾਜ ਅਧੀਨ ਹਨ ਪਰ ਫਿਰ ਵੀ ਉਨ੍ਹਾਂ ਨੂੰ ਪੰਜਾਬ ਦੇ ਹੜ ਪੀੜਤ ਲੋਕਾਂ ਦਾ ਇੰਨਾ ਫ਼ਿਕਰ ਹੈ ਕਿ ਉਨ੍ਹਾਂ ਨੇ ਹਸਪਤਾਲ ਵਿੱਚੋਂ ਹੀ ਹੜ ਪ੍ਰਭਾਵਿਤ ਕਿਸਾਨਾਂ ਅਤੇ ਦੂਜੇ ਲੋਕਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ, ਉਨ੍ਹਾਂ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਹੜਾਂ ਕਾਰਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਲਈ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਸਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮਨੁੱਖੀ ਜ਼ਿੰਦਗੀ ਦੀ ਕੋਈ ਕੀਮਤ ਨਹੀਂ ਹੁੰਦੀ ਪਰ ਫਿਰ ਵੀ ਸਰਕਾਰ ਵੱਲੋਂ ਮੁਆਵਜ਼ਾ ਮਿਲਣ ਨਾਲ ਪਰਿਵਾਰ ਨੂੰ ਆਰਥਿਕ ਸਹਾਰਾ ਮਿਲ ਜਾਂਦਾ ਹੈ। ਉਨ੍ਹਾਂ ਮਾਨ ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਦਾ ਸਵਾਗਤ ਕੀਤਾ।