ਰਾਜਪੁਰਾ ਦੇ ਪੰਜ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਹੋਈ

ਰਾਜਪੁਰਾ,18 ਸਤੰਬਰ(ਹਿਮਾਂਸ਼ੂ ਹੈਰੀ):ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ ਪਟਿਆਲਾ ਵਿੱਚ 69 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਹਿੱਸੇ ਵਜੋਂ ਆਯੋਜਿਤ ਕੀਤੀ ਜਾ ਰਹੀ ਵਾਲੀਬਾਲ ਮੁਕਾਬਲੇ ਵਿੱਚ ਹਿੱਸਾ ਲਿਆ। ਇਹ ਸਮਾਗਮ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਸਿੱਖਿਆ ਅਤੇ ਡਾ.ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦਾ ਸੰਚਾਲਨ ਪ੍ਰਬੰਧਕ ਸਕੱਤਰ ਡਾ. ਦਲਜੀਤ ਸਿੰਘ (ਜ਼ਿਲ੍ਹਾ ਖੇਡ ਕੋਆਰਡੀਨੇਟਰ) ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਕੀਤਾ। ਰਾਜਪੁਰਾ ਜ਼ੋਨ ਨੇ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਰਾਜਪੁਰਾ ਜ਼ੋਨ ਟੀਮ ਵਿੱਚ ਹਿੱਸਾ ਲੈਣ ਵਾਲੇ ਸਕਾਲਰਜ਼ ਪਬਲਿਕ ਸਕੂਲ ਦੇ ਅੱਠ ਵਿਦਿਆਰਥੀਆਂ, ਕਰਨਵੀਰ ਸਿੰਘ, ਅਭਿਜੋਤ ਸਿੰਘ, ਆਰੀਅਨ ਸ਼ਰਮਾ, ਸਵਾਸਤਿਕ ਰਾਣਾ, ਨਾਇਕ, ਪਵੀ ਸ਼ਰਮਾ, ਅਭਿਜੋਤ ਅਤੇ ਪਰਵਿੰਦਰ ਸਿੰਘ ਨੇ ਚਾਂਦੀ ਦੇ ਤਗਮੇ ਜਿੱਤੇ। ਜ਼ਿਕਰਯੋਗ ਹੈ ਕਿ ਪੰਜ ਵਿਦਿਆਰਥੀਆਂ ਨੂੰ ਰਾਜ ਪੱਧਰੀ ਖੇਡ ਮੁਕਾਬਲੇ ਲਈ ਚੁਣਿਆ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਦੀ ਜਿੱਤ ‘ਤੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਅਤੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਕਿਹਾ ਕਿ ਇਹ ਵਿਦਿਆਰਥੀ ਸਕੂਲ ਦਾ ਮਾਣ ਹਨ। ਉਨ੍ਹਾਂ ਦੀ ਪ੍ਰਾਪਤੀ ਉਨ੍ਹਾਂ ਦੀ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਨੇ ਆਪਣੀ ਸਫਲਤਾ ਦਾ ਸਿਹਰਾ ਕੋਚ ਦਵਿੰਦਰ ਸਿੰਘ ਅਤੇ ਦਰਸ਼ਨਦੀਪ ਸਿੰਘ ਨੂੰ ਦਿੱਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਭਾਰਤੀ ਜੋਸ਼ੀ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਆਪਣੀ ਤਰੱਕੀ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।